ਚੰਡੀਗੜ੍ਹ, 10 ਮਈ
ਪੰਜਾਬ ਸਰਕਾਰ ਨੇ ਹਾਈ ਕੋਰਟ ਨੂੰ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੀ ਨਾਮਜ਼ਦਗੀ ਦਾ ਕੰਮ ਸੋਮਵਾਰ ਨੂੰ ਪੂਰਾ ਹੋ ਜਾਵੇਗਾ। ਇਸ ਜਾਣਕਾਰੀ ਤੋਂ ਬਾਅਦ ਹਾਈਕੋਰਟ ਨੇ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ।
ਦਰਅਸਲ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਚੋਣ ਨਾਮਜ਼ਦਗੀ ਲਈ ਸੱਤ ਦਿਨਾਂ ਲਈ ਰਿਹਾਅ ਕਰਨ ਦਾ ਹੁਕਮ ਜਾਰੀ ਕਰਨ ਦੀ ਅਪੀਲ ਕੀਤੀ ਸੀ। ਅੰਮ੍ਰਿਤਪਾਲ ਨੇ ਹਾਈ ਕੋਰਟ ਨੂੰ ਦੱਸਿਆ ਕਿ ਉਹ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਚੋਣ ਲੜਨਾ ਚਾਹੁੰਦਾ ਹੈ। ਇਸ ਦੇ ਲਈ ਉਸ ਨੇ ਨਾਮਜ਼ਦਗੀ ਦਾਖਲ ਕਰਨੀ ਹੈ, ਅਜਿਹੀ ਸਥਿਤੀ ਵਿਚ ਉਸ ਨੂੰ ਸੱਤ ਦਿਨਾਂ ਲਈ ਰਿਹਾਅ ਕਰਨ ਦਾ ਹੁਕਮ ਜਾਰੀ ਕੀਤਾ ਜਾਣਾ ਚਾਹੀਦਾ ਹੈ। ਜੇਕਰ ਅਜਿਹਾ ਸੰਭਵ ਨਹੀਂ ਹੈ ਤਾਂ ਇਸ ਦੇ ਬਦਲ ਵਜੋਂ ਚੋਣ ਕਮਿਸ਼ਨ ਨੂੰ ਹਦਾਇਤ ਕੀਤੀ ਜਾਵੇ ਕਿ ਉਹ ਜੇਲ੍ਹ ਵਿੱਚ ਹੀ ਨਾਮਜ਼ਦਗੀ ਦਾਖ਼ਲ ਕਰਨ ਦਾ ਪ੍ਰਬੰਧ ਕਰੇ। ਉਨ੍ਹਾਂ ਅਪੀਲ ਕੀਤੀ ਹੈ ਕਿ ਡਿਬਰੂਗੜ੍ਹ ਦੇ ਐਚਡੀਐਫਸੀ ਬੈਂਕ ਰਾਹੀਂ ਤਰਨਤਾਰਨ ਦੇ ਐਚਡੀਐਫਸੀ ਬੈਂਕ ਵਿੱਚ ਖਾਤਾ ਖੋਲ੍ਹਣ ਦੀ ਇਜਾਜ਼ਤ ਦਿੱਤੀ ਜਾਵੇ। ਉਸ ਨੂੰ ਨਾਮਜ਼ਦਗੀ ਭਰਨ ਲਈ ਕਿਸੇ ਪ੍ਰਸਤਾਵਕ ਨੂੰ ਮਿਲਣ ਦੀ ਇਜਾਜ਼ਤ ਵੀ ਦਿੱਤੀ ਜਾਣੀ ਚਾਹੀਦੀ ਹੈ।