ਅੰਮ੍ਰਿਤਸਰ, 25 ਅਕਤੂਬਰ
ਅੰਮ੍ਰਿਤਸਰ, ਰੇਲਵੇ ਕਲੋਨੀ ਬੀ ਬਲਾਕ ਨਈਆ ਵਾਲਾ ਮੋੜ ਨੇੜੇ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਵੀਰਵਾਰ ਰਾਤ ਨੂੰ ਅਣਪਛਾਤੇ ਲੋਕਾਂ ਨੇ ਇਕ ਔਰਤ ਨੂੰ ਜ਼ਿੰਦਾ ਸਾੜ ਦਿੱਤਾ ਅਤੇ ਉਸ ਦੀ ਲਾਸ਼ ਕੂੜੇ ਦੇ ਢੇਰ ਵਿਚ ਸੁੱਟ ਦਿੱਤੀ। ਇਹ ਖੌਫਨਾਕ ਨਜ਼ਾਰਾ ਸ਼ੁੱਕਰਵਾਰ ਸਵੇਰੇ ਉਸ ਸਮੇਂ ਸਾਹਮਣੇ ਆਇਆ ਜਦੋਂ ਇਲਾਕੇ ਦੇ ਲੋਕ ਰੋਜ਼ਾਨਾ ਦੀ ਤਰ੍ਹਾਂ ਸੈਰ ਕਰਨ ਲਈ ਨਿਕਲੇ ਤਾਂ ਉਨ੍ਹਾਂ ਨੇ ਸੜੀ ਹੋਈ ਲਾਸ਼ ਦੇਖੀ। ਘਟਨਾ ਦੀ ਸੂਚਨਾ ਮਿਲਦੇ ਹੀ ਪੂਰੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ, ਜਿਸ ਤੋਂ ਬਾਅਦ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ ਗਈ।
ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਔਰਤ ਦੀ ਲਾਸ਼ ਇੰਨੀ ਬੁਰੀ ਤਰ੍ਹਾਂ ਸੜ ਚੁੱਕੀ ਹੈ ਕਿ ਪਛਾਣ ਕਰਨਾ ਮੁਸ਼ਕਿਲ ਹੋ ਰਿਹਾ ਹੈ। ਫਿਲਹਾਲ ਪੁਲਿਸ ਮਹਿਲਾ ਦੀ ਪਹਿਚਾਣ ਅਤੇ ਇਸ ਵਹਿਸ਼ੀਆਨਾ ਘਟਨਾ ਪਿੱਛੇ ਕਿਸ ਦਾ ਹੱਥ ਹੋ ਸਕਦਾ ਹੈ, ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਪੁਲਿਸ ਆਸਪਾਸ ਦੇ ਇਲਾਕਿਆਂ ਤੋਂ ਸਬੂਤ ਇਕੱਠੇ ਕਰਨ ਅਤੇ ਸੀਸੀਟੀਵੀ ਫੁਟੇਜ ਦੀ ਜਾਂਚ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।