ਚੰਡੀਗੜ੍ਹ, 19 ਅਕਤੂਬਰ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਸ਼ੁੱਕਰਵਾਰ ਨੂੰ ਪੰਜਾਬ ਵਿੱਚ ਝੋਨੇ ਦੀ ਖਰੀਦ ਨਾ ਹੋਣ ਨੂੰ ਲੈ ਕੇ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਭਾਜਪਾ ਆਗੂਆਂ ਦੇ ਘਰਾਂ ਅਤੇ ਦਫ਼ਤਰਾਂ ਦਾ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਤੇਜ਼ ਕਰ ਦਿੱਤਾ ਹੈ। ਕਪੂਰਥਲਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਪ੍ਰਦਰਸ਼ਨ ਕੀਤੇ ਗਏ, ਜਿੱਥੇ ਕਿਸਾਨਾਂ ਨੇ ਸੋਮਨਾਥ ਐਕਸਪ੍ਰੈਸ ਨੂੰ ਰੇਲ ਪਟੜੀਆਂ ’ਤੇ ਰੋਕ ਦਿੱਤਾ। ਬਠਿੰਡਾ ਅਤੇ ਅੰਮ੍ਰਿਤਸਰ ਦੇ ਟੋਲ ਪਲਾਜ਼ਿਆਂ ਨੂੰ ਦੋ ਦਿਨਾਂ ਲਈ ਟੋਲ ਫਰੀ ਰੱਖਿਆ ਗਿਆ।
ਕਿਸਾਨਾਂ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਵਿੱਤ ਮੰਤਰੀ ਹਰਪਾਲ ਚੀਮਾ ਵਰਗੀਆਂ ਅਹਿਮ ਸ਼ਖਸੀਅਤਾਂ ਦੀਆਂ ਰਿਹਾਇਸ਼ਾਂ ਦੇ ਬਾਹਰ ਰੋਸ ਪ੍ਰਦਰਸ਼ਨ ਕਰਦਿਆਂ ਸਰਕਾਰ ਨੂੰ ਚਿਤਾਵਨੀ ਦਿੱਤੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ 21 ਅਕਤੂਬਰ ਤੱਕ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਸੜਕਾਂ ਜਾਮ ਕਰਨਗੇ।
ਇਸ ਦੌਰਾਨ ਚੰਡੀਗੜ੍ਹ ਪੁਲੀਸ ਨੇ ਕਿਸਾਨਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵੱਲ ਮਾਰਚ ਕਰਨ ਤੋਂ ਰੋਕਦਿਆਂ ਕਿਸਾਨ ਭਵਨ ਤੱਕ ਸੀਮਤ ਕਰ ਦਿੱਤਾ। ਕਿਸਾਨ ਆਗੂਆਂ ਅਤੇ ਮੁੱਖ ਮੰਤਰੀ ਦਰਮਿਆਨ ਸ਼ਨੀਵਾਰ ਨੂੰ ਗੱਲਬਾਤ ਹੋਣੀ ਹੈ।