ਪੰਜਾਬ,1ਮਈ
ਪੰਜਾਬ ਦੇ ਸੰਗਰੂਰ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਦਲਬੀਰ ਸਿੰਘ ਗੋਲਡੀ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਮੰਗਲਵਾਰ ਨੂੰ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਕਾਂਗਰਸ ਦੇ ਸੰਗਰੂਰ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਦਲਬੀਰ ਸਿੰਘ ਗੋਲਡੀ ਨੂੰ ‘ਆਪ’ ਵਿੱਚ ਸ਼ਾਮਲ ਕਰ ਲਿਆ।
ਆਮ ਆਦਮੀ ਪਾਰਟੀ ਕਿਸੇ ਵੀ ਕੀਮਤ ‘ਤੇ ਸੰਗਰੂਰ ਸੰਸਦੀ ਸੀਟ ਜਿੱਤਣਾ ਚਾਹੁੰਦੀ ਹੈ। ਇਸ ਸੀਟ ਨਾਲ ਪਾਰਟੀ ਦਾ ਹੀ ਨਹੀਂ ਸਗੋਂ ਖੁਦ ਮੁੱਖ ਮੰਤਰੀ ਭਗਵੰਤ ਮਾਨ ਦਾ ਵੀ ਵੱਕਾਰ ਜੁੜਿਆ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਂਗਰਸੀ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਵੱਲੋਂ ਲਗਾਤਾਰ ਚੁਣੌਤੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਅਜਿਹੇ ‘ਚ ਮੁੱਖ ਮੰਤਰੀ ਮਾਨ ਨੇ ਲੋਹੇ ਨਾਲ ਲੋਹਾ ਕੱਟਣ ਦੀ ਤਰਜ਼ ‘ਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਦਲਬੀਰ ਸਿੰਘ ਗੋਲਡੀ ਨੂੰ ਆਪਣੇ ਨਾਲ ਲਿਆ ਰਹੇ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਚੋਣਾਂ ਵਿੱਚ ਧੂਰੀ ਤੋਂ ਦਲਬੀਰ ਗੋਲਡੀ ਨੂੰ ਹਰਾਇਆ ਸੀ ਅਤੇ ਹੁਣ ਉਨ੍ਹਾਂ ਨੂੰ ਝਾੜੂ ਸੌਂਪ ਕੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਸਿਆਸੀ ਮਾਹਿਰ ਇਸ ਘਟਨਾਕ੍ਰਮ ਨੂੰ ਅਹਿਮ ਮੰਨ ਰਹੇ ਹਨ।
ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਦਲਬੀਰ ਸਿੰਘ ਗੋਲਡੀ ਕਿਸੇ ਵਚਨਬੱਧਤਾ ਤਹਿਤ ‘ਆਪ’ ਵਿੱਚ ਸ਼ਾਮਲ ਹੋਏ ਹਨ। ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਬਰਨਾਲਾ ਤੋਂ ਵਿਧਾਇਕ ਹਨ। ਜੇਕਰ ਉਹ ਲੋਕ ਸਭਾ ਚੋਣਾਂ ਜਿੱਤ ਜਾਂਦੇ ਹਨ ਤਾਂ ਬਰਨਾਲਾ ਵਿਧਾਨ ਸਭਾ ਸੀਟ ਖਾਲੀ ਹੋ ਜਾਵੇਗੀ ਅਤੇ ਗੋਲਡੀ ਨੂੰ ਉਥੋਂ ਚੋਣ ਮੈਦਾਨ ਵਿੱਚ ਉਤਾਰਿਆ ਜਾ ਸਕਦਾ ਹੈ। ਹਾਲਾਂਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਇਸ ਨਵੇਂ ਕਦਮ ਨੇ ਵਿਰੋਧੀ ਪਾਰਟੀਆਂ ਨੂੰ ਪਰੇਸ਼ਾਨੀ ਵਿੱਚ ਪਾ ਦਿੱਤਾ ਹੈ ਅਤੇ ਅਜਿਹੇ ਵਿੱਚ ਵਿਰੋਧੀ ਪਾਰਟੀਆਂ ਨੂੰ ਨਵੀਂ ਰਣਨੀਤੀ ਬਣਾਉਣੀ ਪਵੇਗੀ।