ਚੰਡੀਗੜ੍ਹ, 11 ਨਵੰਬਰ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੋਮਵਾਰ ਨੂੰ ਡੇਰਾ ਮੁਖੀ ਰਾਮ ਰਹੀਮ ਦੀ ਬੇਅਦਬੀ ਮਾਮਲੇ ਨਾਲ ਸਬੰਧਤ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ। ਪਟੀਸ਼ਨ ‘ਚ ਰਾਮ ਰਹੀਮ ਨੇ ਬੇਅਦਬੀ ਮਾਮਲੇ ‘ਚ ਉਸ ਖਿਲਾਫ ਦਰਜ FIR ਦੀ ਜਾਂਚ ਸੀਬੀਆਈ ਨੂੰ ਸੌਂਪਣ ਦੀ ਬੇਨਤੀ ਕੀਤੀ ਸੀ।
ਪਿਛਲੇ ਮਹੀਨੇ ਸੁਪਰੀਮ ਕੋਰਟ ਨੇ ਹਾਈ ਕੋਰਟ ਵੱਲੋਂ ਇਨ੍ਹਾਂ ਮਾਮਲਿਆਂ ਵਿੱਚ ਡੇਰਾ ਮੁਖੀ ਖ਼ਿਲਾਫ਼ ਮੁਕੱਦਮਾ ਚਲਾਉਣ ’ਤੇ ਲਗਾਈ ਰੋਕ ਹਟਾ ਦਿੱਤੀ ਸੀ। ਹਾਈ ਕੋਰਟ ਨੇ ਹੁਣ ਕਿਹਾ ਹੈ ਕਿ ਕਿਉਂਕਿ ਇਹ ਮਾਮਲਾ ਸੁਪਰੀਮ ਕੋਰਟ ਵਿੱਚ ਵਿਚਾਰ ਅਧੀਨ ਹੈ, ਇਸ ਲਈ ਹਾਈ ਕੋਰਟ ਵਿੱਚ ਅਗਲੀ ਸੁਣਵਾਈ ਬੇਲੋੜੀ ਹੈ। ਇਸ ਦੇ ਆਧਾਰ ‘ਤੇ ਹਾਈ ਕੋਰਟ ਨੇ ਇਸ ਪਟੀਸ਼ਨ ‘ਤੇ ਕਾਰਵਾਈ ਸਮਾਪਤ ਕਰ ਦਿੱਤੀ ਹੈ।
ਰਾਮ ਰਹੀਮ ਨੇ ਪਟੀਸ਼ਨ ਦਾਇਰ ਕਰਕੇ ਬੇਨਤੀ ਕੀਤੀ ਸੀ ਕਿ ਬੇਅਦਬੀ ਮਾਮਲੇ ਵਿੱਚ ਉਸ ਖ਼ਿਲਾਫ਼ ਦਰਜ ਤਿੰਨ ਐਫਆਈਆਰਜ਼ ਦੀ ਜਾਂਚ ਪੰਜਾਬ ਪੁਲੀਸ ਦੀ ਐਸਆਈਟੀ ਦੀ ਬਜਾਏ ਸੀਬੀਆਈ ਤੋਂ ਕਰਵਾਈ ਜਾਵੇ। ਇਸ ਤੋਂ ਪਹਿਲਾਂ ਇਸ ਸਾਲ ਅਪਰੈਲ ਵਿੱਚ ਹਾਈ ਕੋਰਟ ਦੇ ਸਿੰਗਲ ਬੈਂਚ ਨੇ ਇਸ ਪਟੀਸ਼ਨ ਨੂੰ ਡਬਲ ਬੈਂਚ ਕੋਲ ਭੇਜ ਦਿੱਤਾ ਸੀ ਅਤੇ ਡੇਰਾ ਮੁਖੀ ਖ਼ਿਲਾਫ਼ ਕਾਰਵਾਈ ’ਤੇ ਰੋਕ ਲਾ ਦਿੱਤੀ ਸੀ।
ਪੰਜਾਬ ਸਰਕਾਰ ਨੇ ਇਸ ਫੈਸਲੇ ਵਿਰੁੱਧ ਸੁਪਰੀਮ ਕੋਰਟ ਵਿੱਚ ਅਪੀਲ ਕਰਦਿਆਂ ਕਾਰਵਾਈ ’ਤੇ ਰੋਕ ਹਟਾਉਣ ਦੀ ਬੇਨਤੀ ਕੀਤੀ ਸੀ। 18 ਅਕਤੂਬਰ ਨੂੰ ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਸਟੇਅ ਆਰਡਰ ਨੂੰ ਪਲਟਦਿਆਂ ਡੇਰਾ ਮੁਖੀ ਖ਼ਿਲਾਫ਼ ਕੇਸਾਂ ਨੂੰ ਅੱਗੇ ਵਧਾਉਣ ਦੀ ਇਜਾਜ਼ਤ ਦਿੱਤੀ ਸੀ।