ਪੰਜਾਬ, 18 ਅਕਤੂਬਰ
ਪੰਜਾਬ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਦਰਦਨਾਕ ਹਾਦਸਾ ਵਾਪਰਿਆ। ਬਰਨਾਲਾ ਦੇ ਤਪਾ ਵਿੱਚ ਬਰਨਾਲਾ-ਬਠਿੰਡਾ ਨੈਸ਼ਨਲ ਹਾਈਵੇਅ ’ਤੇ ਓਵਰ ਬ੍ਰਿਜ ’ਤੇ ਇੱਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਸੜਕ ਹਾਦਸੇ ਵਿੱਚ ਕਾਰ ਵਿੱਚ ਸਵਾਰ ਮਾਂ-ਪੁੱਤ ਦੀ ਦਰਦਨਾਕ ਮੌਤ ਹੋ ਗਈ। ਇਸ ਦੌਰਾਨ ਦੋ ਹੋਰ ਲੋਕ ਜ਼ਖਮੀ ਹੋ ਗਏ ਹਨ। ਜ਼ਖ਼ਮੀਆਂ ਨੂੰ ਤਪਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਮ੍ਰਿਤਕਾਂ ਦੀ ਪਛਾਣ ਕੁਲਵਿੰਦਰ ਕੁਮਾਰ ਅਤੇ ਗੁਰਦੇਵ ਕੌਰ ਵਾਸੀ ਗੰਗਾਨਗਰ, ਰਾਜਸਥਾਨ ਵਜੋਂ ਹੋਈ ਹੈ।
ਜਾਣਕਾਰੀ ਮੁਤਾਬਕ ਸ਼ੁੱਕਰਵਾਰ ਸਵੇਰੇ ਗੰਗਾਨਗਰ ਤੋਂ ਇਕ ਪਰਿਵਾਰ ਆਪਣੀ ਬ੍ਰੇਜ਼ਾ ਕਾਰ ‘ਚ ਚੰਡੀਗੜ੍ਹ ਜਾ ਰਿਹਾ ਸੀ। ਜਦੋਂ ਗੱਡੀ ਤਪਾ ਨੇੜੇ ਓਵਰ ਬ੍ਰਿਜ ਨੂੰ ਪਾਰ ਕਰ ਰਹੀ ਸੀ ਤਾਂ ਡਰਾਈਵਰ ਨੂੰ ਨੀਂਦ ਆ ਗਈ ਅਤੇ ਗੱਡੀ ਪੁਲ ਦੇ ਡਿਵਾਈਡਰ ਨਾਲ ਟਕਰਾ ਗਈ।
ਸਲਵਿੰਦਰ ਕੁਮਾਰ ਵਾਸੀ ਗੰਗਾਨਗਰ ਦਾ ਸਿਵਲ ਹਸਪਤਾਲ ਤਪਾ ਵਿਖੇ ਇਲਾਜ ਚੱਲ ਰਿਹਾ ਹੈ। ਸਲਵਿੰਦਰ ਨੇ ਦੱਸਿਆ ਕਿ ਉਹ ਆਪਣੇ ਭਰਾ ਕੁਲਵਿੰਦਰ ਕੁਮਾਰ, ਭਰਜਾਈ ਗੀਤਾ ਰਾਣੀ ਅਤੇ ਮਾਤਾ ਗੁਰਦੇਵ ਕੌਰ ਨਾਲ ਕਿਸੇ ਦੇ ਅੰਤਿਮ ਸੰਸਕਾਰ ‘ਚ ਸ਼ਾਮਲ ਹੋਣ ਲਈ ਬ੍ਰਿਜਾ ਕਾਰ ‘ਚ ਗੰਗਾਨਗਰ ਤੋਂ ਚੰਡੀਗੜ੍ਹ ਜਾ ਰਿਹਾ ਸੀ। ਕਾਰ ਉਸ ਦਾ ਭਰਾ ਕੁਲਵਿੰਦਰ ਚਲਾ ਰਿਹਾ ਸੀ। ਜਦੋਂ ਉਹ ਬਰਨਾਲਾ-ਬਠਿੰਡਾ ਮੁੱਖ ਸੜਕ ’ਤੇ ਤਪਾ ਦੇ ਓਵਰਬ੍ਰਿਜ ਕੋਲ ਪੁੱਜੇ ਤਾਂ ਅਚਾਨਕ ਕਾਰ ਆਪਣਾ ਸੰਤੁਲਨ ਗੁਆ ਬੈਠੀ, ਜਿਸ ਕਾਰਨ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਜਾ ਟਕਰਾਈ।
ਇਸ ਹਾਦਸੇ ਵਿੱਚ ਕਾਰ ਚਾਲਕ ਕੁਲਵਿੰਦਰ ਕੁਮਾਰ ਅਤੇ ਉਸ ਦੀ ਮਾਤਾ ਗੁਰਦੇਵ ਕੌਰ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂਕਿ ਗੀਤਾ ਰਾਣੀ ਅਤੇ ਸਲਵਿੰਦਰ ਕੁਮਾਰ ਜ਼ਖ਼ਮੀ ਹੋ ਗਏ। ਸਹਾਰਾ ਕਲੱਬ ਦੇ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਜ਼ਖਮੀਆਂ ਨੂੰ ਮਿੰਨੀ ਸਹਾਰਾ ਵੈਲਫੇਅਰ ਕਲੱਬ ਅਤੇ 108 ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਤਪਾ ਵਿਖੇ ਦਾਖਲ ਕਰਵਾਇਆ ਗਿਆ। ਘਟਨਾ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ। ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲੀਸ ਹੌਲਦਾਰ ਮਨਜਿੰਦਰ ਸਿੰਘ ਨੇ ਦੱਸਿਆ ਕਿ ਇਸ ਸੜਕ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ। ਸੜਕ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।